ਮੋਦੀ ਸਰਕਾਰ ਨੇ ਕਿਸਾਨਾਂ ਦਾ ਮਜ਼ਾਕ ਉਡਾਇਆ: ਕੈਪਟਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਬਜਟ ਨੂੰ ਮੋਦੀ ਸਰਕਾਰ ਦਾ ‘ਜੁਮਲਾ ਬਜਟ’ ਕਰਾਰ ਦਿੱਤਾ ਹੈ। ਮੁੱਖ ਮੰਤਰੀ ਨੇ ਇਕ ਬਿਆਨ ਰਾਹੀਂ ਕਿਹਾ ਕਿ ਇਹ ਚੋਣਾਂ ’ਤੇ ਕੇਂਦਰਿਤ ਬਜਟ ਹੈ, ਜਿਸ ਦਾ ਉਦੇਸ਼ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਗੁੰਮਰਾਹ ਕਰਨਾ ਹੈ। ਸੀਮਾਂਤ ਕਿਸਾਨਾਂ ਲਈ ਸਾਲਾਨਾ 6000 ਰੁਪਏ ਦੇ ਐਲਾਨ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਮਜ਼ਾਕ ਕਰਾਰ ਦਿੰਦਿਆਂ ਕਿਹਾ ਕਿ ਸੰਕਟ ਵਿਚ ਘਿਰੇ ਕਿਸਾਨਾਂ ਲਈ 500 ਰੁਪਏ ਮਹੀਨਾ ਦਾ ਐਲਾਨ ਕਰ ਕੇ ਮੋਦੀ ਸਰਕਾਰ ਨੇ ਇਸ ਸਮੱਸਿਆ ਦੀ ਗੰਭੀਰਤਾ ਨੂੰ ਕੋਈ ਮਾਨਤਾ ਨਹੀਂ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਨਰਿੰਦਰ ਮੋਦੀ ਨੇ ਹਰੇਕ ਦੇ ਖਾਤੇ ਵਿਚ 15 ਲੱਖ ਰੁਪਏ ਪਾਉਣ ਦਾ ਵਾਅਦਾ ਕੀਤਾ ਸੀ, ਪਰ ਉਹ ਹੁਣ ਆਪਣੇ ਕਾਰਜਕਾਲ ਦੇ ਅੰਤ ਤੱਕ 2 ਹੈਕਟੇਅਰ ਤਕ ਦੇ ਕਿਸਾਨਾਂ ਨੂੰ ਸਿਰਫ਼ 6000 ਰੁਪਏ ਸਾਲਾਨਾ ਦੇਣ ’ਤੇ ਉਤਰ ਆਏ ਹਨ। ਇਸ ਤੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਕਿਸਾਨ ਭਾਈਚਾਰੇ ਦਾ ਭਲਾ ਨਹੀਂ ਚਾਹੁੰਦੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਤਪਾਦਨ ਲਾਗਤ ਤੋਂ 50 ਫ਼ੀਸਦੀ ਵੱਧ ਘੱਟੋ-ਘੱਟ ਸਮਰਥਨ ਮੁੱਲ ਲਈ ਕੇਂਦਰ ਸਰਕਾਰ ਨੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਮੱਕੀ ਦਾ ਘੱਟੋ-ਘੱਟ ਸਮਰਥਨ ਮੁੱਲ ਨਿਰਧਾਰਿਤ ਹੈ, ਪਰ ਇਸ ਨੂੰ ਸਰਕਾਰ ਵੱਲੋਂ ਖ਼ਰੀਦਿਆ ਨਹੀਂ ਜਾਂਦਾ, ਸਗੋਂ ਕਿਸਾਨਾਂ ਨੂੰ ਘੱਟ ਮੁੱਲ ’ਤੇ ਬਾਜ਼ਾਰ ਵਿਚ ਵੇਚਣ ਲਈ ਮਜਬੂਰ ਕੀਤਾ ਜਾਂਦਾ ਹੈ। ਕੈਪਟਨ ਨੇ ਕਿਹਾ ਕਿ ਬਜਟ ’ਚੋਂ ਕਿਤੇ ਵੀ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਦੇ ਪੰਜ ਸਾਲ ਦੀਆਂ ਪ੍ਰਾਪਤੀਆਂ ਦਾ ਝਲਕਾਰਾ ਨਹੀਂ ਮਿਲਦਾ ਹੈ।
Powered by Blogger.