ਵਿਰੋਧੀ ਧਿਰਾਂ ਵਲੋਂ ਹਵਾਈ ਸੈਨਾ ਦੀ ਕਾਰਵਾਈ ਦੀ ਸ਼ਲਾਘਾ


ਨਵੀਂ ਦਿੱਲੀ- ਭਾਰਤੀ ਹਵਾਈ ਸੈਨਾ ਪਾਕਿਸਤਾਨ ਖਿਲਾਫ਼ ਕੀਤੀ ਕਾਰਵਾਈ ਦੀ ਕਾਂਗਰਸ ਸਮੇਤ 21 ਵਿਰੋਧੀ ਧਿਰਾਂ ਵਲੋਂ ਕੀਤੀ ਸਾਂਝੀ ਬੈਠਕ ਦੌਰਾਨ ਭਰਪੂਰ ਸ਼ਲਾਘਾ ਕੀਤੀ ਗਈ | ਸੰਸਦ ਭਵਨ ਦੀ ਲਾਇਬ੍ਰੇਰੀ ਵਿਚ ਹੋਈ ਬੈਠਕ ਵਿਚ ਸਾਰੀਆਂ ਵਿਰੋਧੀ ਧਿਰਾਂ ਨੇ ਪੁਲਵਾਮਾ ਹਮਲੇ ਤੋਂ ਬਾਅਦ ਸਰਬ ਪਾਰਟੀ ਬੈਠਕ ਨਾ ਬੁਲਾਉਣ 'ਤੇ ਪ੍ਰਧਾਨ ਮੰਤਰੀ ਦੇ ਵਿਵਹਾਰ ਨੂੰ ਲੋਕਤੰਤਰ ਦੀਆਂ ਸਥਾਪਿਤ ਕਦਰਾਂ-ਕੀਮਤਾਂ ਦੇ ਉਲਟ ਦੱਸਿਆ | ਬੈਠਕ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਸ਼ਟਰੀ ਸੁਰੱਖਿਆ ਨੂੰ ਸਿਆਸੀ ਪਾਰਟੀਆਂ ਦੇ ਸਵਾਰਥ ਤੋਂ ਕਿਤੇ ਉੱਚਾ ਦੱਸਦਿਆਂ ਕਿਹਾ ਕਿ ਇਸ ਰਾਹੀਂ ਸਿਆਸੀ ਟੀਚਿਆਂ ਨੂੰ ਹਾਸਲ ਕਰਨ ਤੋਂ ਗੁਰੇਜ਼ ਕੀਤਾ ਜਾਣਾ ਚਾਹੀਦਾ ਹੈ | ਜ਼ਿਕਰਯੋਗ ਹੈ ਕਿ ਪੁਲਵਾਮਾ ਹਮਲੇ ਤੋਂ ਬਾਅਦ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਜਾਣਕਾਰੀ ਦਿੱਤੀ ਸੀ | ਬੈਠਕ 'ਚ ਸ਼ਾਮਿਲ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਨੇ ਗ੍ਰਹਿ ਮੰਤਰੀ ਨੂੰ ਸੁਝਾਅ ਦਿੱਤਾ ਸੀ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਇਕ ਸਰਬ ਪਾਰਟੀ ਬੈਠਕ ਸੱਦੀ ਜਾਏ ਜਿਸ 'ਚ ਰਾਸ਼ਟਰੀ ਅਤੇ ਖੇਤਰੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਬੁਲਾ ਕੇ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮਾਂ ਤੋਂ ਜਾਣੂ ਕਰਵਾਉਣ | ਬੈਠਕ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਯੂ.ਪੀ.ਏ. ਦੀ ਚੇਅਰਪਰਸਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਤੋਂ ਇਲਾਵਾ ਕਈ ਪਾਰਟੀਆਂ ਦੇ ਆਗੂ ਸ਼ਾਮਿਲ ਸਨ | ਬੈਠਕ 'ਚ ਟੀ.ਡੀ.ਪੀ. ਪ੍ਰਧਾਨ ਅਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਲੋਕਤੰਤਰਿਕ ਜਨਤਾ ਦਲ ਦੇ ਆਗੂ ਸ਼ਰਦ ਯਾਦਵ, ਐੱਨ.ਸੀ.ਪੀ. ਮੁਖੀ ਸ਼ਰਦ ਪਵਾਰ, ਸੀ.ਪੀ.ਆਈ. (ਐੱਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਸ਼ਾਮਿਲ ਹੋਏ | ਇਸ ਤੋਂ ਇਲਾਵਾ ਜੇ.ਐੱਸ ਦੇ ਦਾਨਿਸ਼ ਅਲੀ, ਬੀ.ਐੱਸ.ਪੀ. ਦੇ ਸਤੀਸ਼ ਚੰਦਰ ਮਿਸਰ, ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜੀਤਨ ਰਾਮ ਮਾਂਝੀ, 'ਆਪ' ਦੇ ਸੰਜੈ ਸਿੰਘ ਅਤੇ ਡੀ.ਐੱਮ.ਕੇ. ਤਿਰੂਚੀ ਅਤੇ ਹੋਰ ਆਗੂ ਸ਼ਾਮਿਲ ਸਨ | ਸਮਾਜਵਾਦੀ ਪਾਰਟੀ ਨੇ ਇਸ ਬੈਠਕ 'ਚ ਸ਼ਿਰਕਤ ਨਹੀਂ ਕੀਤੀ | ਬੈਠਕ ਤੋਂ ਬਾਅਦ ਜਾਰੀ ਕੀਤੇ ਸਾਂਝੇ ਬਿਆਨ 'ਚ ਵਿਰੋਧੀ ਧਿਰਾਂ ਨੇ ਕਿਹਾ ਕਿ ਬੈਠਕ 'ਚ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਭਾਰਤੀ ਫ਼ੌਜ ਦੀ ਜਾਂਬਾਜ਼ੀ ਨੂੰ ਸਲਾਮ ਕੀਤਾ ਗਿਆ ਨਾਲ ਹੀ ਹਥਿਆਰਬੰਦ ਸੈਨਾ ਪ੍ਰਤੀ ਇਕਜੁੱਟਤਾ ਦਾ ਸੰਕਲਪ ਦੁਹਰਾਇਆ | ਵਿਰੋਧੀ ਬਲਾਂ ਨੇ ਦੋਸ਼ ਲਗਾਇਆ ਕਿ ਪੁਲਵਾਮਾ ਹਮਲੇ ਤੋਂ ਬਾਅਦ ਸੱਤਾਧਾਰੀ ਦਲ ਦੇ ਨੇਤਾਵਾਂ ਨੇ ਜਵਾਨਾਂ ਦੀ ਸ਼ਹਾਦਤ ਦਾ ਸਿਆਸੀਕਰਨ ਕੀਤਾ ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ
Powered by Blogger.