ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਤੇ ਦੋ ਵਾਰ ਵਿਧਾਨ ਸਭਾ ਦੇ ਸਪੀਕਰ ਰਹੇ ਚਰਨਜੀਤ ਸਿੰਘ ਅਟਵਾਲ ਜਲੰਧਰ ਲੋਕ ਸਭਾ ਹਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ। ਇਹ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਹਨਾਂ ਕਿਹਾ ਕਿ ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦਾ ਉਮੀਦਵਾਰ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗਾ। ਉਨ੍ਹਾਂ ਕਿਹਾ ਕਿ ਬਾਕੀ ਉਮੀਦਵਾਰਾਂ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ। ਉਧਰ ਕਾਂਗਰਸ ਵੱਲੋਂ ਜਲੰਧਰ ਲੋਕ ਸਭਾ ਹਲਕੇ ਤੋਂ ਅਜੇ ਆਪਣੇ ਉਮੀਦਵਾਰ ਬਾਰੇ ਫੈਸਲਾ ਨਹੀਂ ਕੀਤਾ ਜਾ ਸਕਿਆ, ਜਦਕਿ ਚਰਨਜੀਤ ਸਿੰਘ ਅਟਵਾਲ ਨੇ ਪਿਛਲੇ ਕਾਫੀ ਸਮੇਂ ਤੋਂ ਹਲਕੇ ‘ਚ ਆਪਣੀਆਂ ਸਿਆਸੀ ਸਰਗਰਮੀਆਂ ਵਿੱਢੀਆਂ ਹੋਈਆਂ ਹਨ। ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਹਲਕਾ ਕਾਂਗਰਸ ਦਾ ਗੜ੍ਹ ਰਿਹਾ ਹੈ ਤੇ ਇੱਥੋਂ ਜ਼ਿਆਦਾਤਾਰ ਕਾਂਗਰਸੀ ਉਮੀਦਵਾਰ ਜਿੱਤਦੇ ਰਹੇ ਹਨ ਤੇ ਪਿਛਲੀਆਂ ਲੋਕ ਸਭਾ ਚੋਣਾਂ ‘ਚ ਵੀ ਆਮ ਆਦਮੀ ਪਾਰਟੀ ਦੇ ਮੈਦਾਨ ‘ਚ ਆਉਣ ਦੇ ਬਾਵਜੂਦ ਤਿਕੌਣੀ ਟੱਕਰ ‘ਚ ਕਾਂਗਰਸ ਦੇ ਉਮੀਦਵਾਰ ਚੌਧਰੀ ਸੰਤੋਖ ਸਿੰਘ ਜੇਤੂ ਰਹੇ ਸਨ।