ਜਾਖੜ ਨੂੰ ਆਪਣੀ ਲੋਕਪ੍ਰਿਯਤਾ ਪਰਖਣ ਲਈ ਫਿਰੋਜ਼ਪੁਰ ਤੋਂ ਚੋਣ ਲੜਣੀ ਚਾਹੀਦੀ ਹੈ: ਬਿਕਰਮ ਮਜੀਠੀਆ


ਸ਼੍ਰੀ ਮੁਕਤਸਰ ਸਾਹਿਬ (ਅਰੋੜਾ) ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਉਸ ਨੂੰ ਆਪਣੀ ਲੋਕਪ੍ਰਿਯਤਾ ਪਰਖਣ ਲਈ ਫਿਰੋਜ਼ਪੁਰ ਤੋਂ ਚੋਣ ਲੜਣੀ ਚਾਹੀਦੀ ਹੈ ਨਾ ਕਿ ਗੁਰਦਾਸਪੁਰ ਹਲਕੇ ਤੋਂ ਚੋਣ ਲੜਣੀ ਚਾਹੀਦੀ ਹੈ। ਸ਼੍ਰੀ ਮੁਕਤਸਰ ਸਾਹਿਬ ਮੋਟਰਸਾਇਕਲਾਂ ਅਤੇ ਕਾਰਾਂ ਦਾ ਰੋਡ ਸ਼ੋਅ ਕੱਢਣ ਮਗਰੋਂ ਮਲੋਟ ਵਿਖੇ ਨੌਜਵਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਮਜੀਠੀਆ ਨੇ ਕਿਹਾ ਕਿ ਉਹ ਜਾਖੜ ਸਾਹਿਬ ਪੰਜਾਬੀਆਂ ਨੂੰ ਦੱਸਣ ਕਿ ਉਹ ਆਪਣਾ ਜ਼ੱਦੀ ਹਲਕਾ ਕਿਉਂ ਛੱਡ ਕੇ ਜਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਤੁਹਾਡੇ ਦਾਅਵੇ ਮੁਤਾਬਿਕ ਕਾਂਗਰਸ ਪਾਰਟੀ ਨੇ ਲੋਕਾਂ ਲਈ ਚੰਗੇ ਕੰਮ ਕੀਤੇ ਹਨ ਤਾਂ ਤੁਹਾਡੇ ਲਈ ਫਿਰੋਜ਼ਪੁਰ ਤੋਂ ਚੋਣ ਲੜਣ ਦਾ ਇਹ ਇੱਕ ਸੁਨਹਿਰਾ ਮੌਕਾ ਹੈ। ਤੁਹਾਨੂੰ ਇਸ ਮੁਕਾਬਲੇ ਤੋਂ ਭੱਜਣਾ ਨਹੀਂ ਚਾਹੀਦਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਆਪਣੀ ਕਰਜ਼ਾ ਮੁਆਫੀ ਸਕੀਮ ਦੇ ਮੁੱਖ ਚਿਹਰੇ ਬੁੱਧ ਸਿੰਘ ਦਾ ਵੀ ਕਰਜ਼ਾ ਮੁਆਫ ਨਹੀਂ ਕੀਤਾ। ਉਹਨਾਂ ਕਿਹਾ ਕਿ 90 ਹਜ਼ਾਰ ਕਰੋੜ ਰੁਪਏ ਦੀ ਮੁਕੰਮਲ ਕਰਜ਼ਾ ਮੁਆਫੀ ਸਕੀਮ ਲਾਗੂ ਕਰਨ ਦੀ ਥਾਂ ਸਰਕਾਰ ਵੱਲੋਂ ਫਸਲੀ ਕਰਜ਼ਾ ਮੁਆਫੀ ਸਕੀਮ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੇ ਦੋ ਸਾਲਾਂ ਵਿਚ ਕਿਸਾਨ ਖੁਦਕੁਸ਼ੀਆਂ ਦੀ ਗਿਣਤੀ ਵਧਾ ਕੇ 900 ਤੋਂ ਵੱਧ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਇਸੇ ਤਰ੍ਹਾਂ ਨੌਜਵਾਨਾਂ ਨੂੰ 60 ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜਿਸ ਅਨੁਸਾਰ ਹਰ ਮਹੀਂਨੇ ਇੱਕ ਲੱਖ ਨੌਕਰੀਆਂ ਬਣਦੀਆਂ ਸਨ। ਇਸ ਤੋਂ ਇਲਾਵਾ ਉਹਨਾਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦਾ ਵੀ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਘਰ ਘਰ ਨੌਕਰੀ ਦੇ ਨਾਂ ਉਤੇ ਠੱਗਿਆ ਗਿਆ ਹੈ ਜਦਕਿ ਬੇਰੁਜ਼ਗਾਰੀ ਭੱਤੇ ਵਜੋਂ ਉਹਨਾਂ ਨੂੰ ਸਿਰਫ 150 ਰੁਪਏ ਪ੍ਰਤੀ ਮਹੀਨਾ ਦਿੱਤੇ ਜਾ ਰਹੇ ਹਨ। ਇਹ ਨੌਜਵਾਨਾਂ ਨਾਲ ਕੋਝਾ ਮਜ਼ਾਕ ਹੈ, ਜਿਸ ਦਾ ਬਦਲਾ ਉਹ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਲੈਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਮੁਕਤਸਰ ਸਾਹਿਬ ਵਿਧਾਇਕ ਕੰਵਰਜੀਤ ਸਿੰਘ ਬਰਕੰਦੀ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਅਤੇ ਯੂਥ ਅਕਾਲੀ ਦਲ ਦੇ ਸਟੇਟ ਕੋਆਰਡੀਨੇਟਰ ਪਰਮਬੰਸ ਸਿੰਘ ਰੋਮਾਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।
Powered by Blogger.